Article

ਢੀਂਡਸਾ ਦੀ ਨਵੀਂ ਪਾਰਟੀ ਦਾ ਨਾਂ ਵੀ 'ਸ਼੍ਰੋਮਣੀ ਅਕਾਲੀ ਦਲ'


Updated On: 2020-07-07 09:01:25 ਢੀਂਡਸਾ ਦੀ ਨਵੀਂ ਪਾਰਟੀ ਦਾ ਨਾਂ ਵੀ 'ਸ਼੍ਰੋਮਣੀ ਅਕਾਲੀ ਦਲ'

ਪੰਜਾਬ ਦੀ ਸਿਆਸਤ ਲਗਾਤਾਰ ਬਦਲ ਰਹੀ ਹੈ। ਰਵਾਇਤੀ ਪਾਰਟੀਆਂ ਨੂੰ ਜਿੱਥੇ ਝਟਕੇ ਲੱਗ ਰਹੇ ਹਨ, ਉਥੇ ਨਵੀਆਂ-ਨਵੀਆਂ ਰਾਜਨੀਤਕ ਪਾਰਟੀਆਂ ਜਨਮ ਲੈ ਰਹੀਆਂ ਹਨ। ਇਸੇ ਲੜੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਤੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਆਪਣੀ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰ ਦਿੱਤਾ।

ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਮੋਰਚਾ ਖੋਲਣ ਵਾਲੇ ਢੀਂਡਸਾ ਨੇ ਆਪਣੀ ਨਵੀਂ ਰਾਜਨੀਤਕ ਪਾਰਟੀ ਦਾ ਨਾਂ ਵੀ 'ਸ਼੍ਰੋਮਣੀ ਅਕਾਲੀ ਦਲ' ਹੀ ਰੱਖਿਆ ਹੈ। ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਜੇਕਰ ਕੋਈ ਕਾਨੂੰਨੀ ਔਂਕੜ ਆਵੇਗੀ ਤਾਂ ਉਹ ਆਪਣੀ ਰਾਜਨੀਤਕ ਪਾਰਟੀ ਨਾਲ 'ਡੈਮੋਕ੍ਰੇਟਿਕ' ਸ਼ਬਦ ਜੋੜ ਲੈਣਗੇ।

ਸਿਆਸੀ ਮਾਹਿਰਾਂ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਗਠਨ ਕੀਤੇ ਜਾਣ ਨਾਲ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗੇਗਾ। ਪਿਛਲੇ ਕੁਝ ਮਹੀਨਿਆਂ ਦੌਰਾਨ ਢੀਂਡਸਾ ਅਕਾਲੀ ਦਲ ਦੇ ਕਈ ਆਗੂਆਂ ਨੂੰ ਆਪਣੇ ਨਾਲ ਜੋੜ ਚੁੱਕੇ ਹਨ, ਜਿਨ੍ਹਾਂ 'ਚ ਕਈ ਸੀਨੀਅਰ ਨੇਤਾ, ਸਾਬਕਾ ਐਮਪੀ, ਸਾਬਕਾ ਵਿਧਾਇਕ ਸ਼ਾਮਲ ਹਨ। ਉਨ੍ਹਾਂ ਦੇ ਵਿਧਾਇਕ ਬੇਟੇ ਪਰਮਿੰਦਰ ਸਿੰਘ ਢੀਂਡਸਾ ਵੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪਣੇ ਪਿਤਾ ਨਾਲ ਜੁੜ ਚੁੱਕੇ ਹਨ।

ਅੱਜ ਸੁਖਦੇਵ ਸਿੰਘ ਢੀਂਡਸਾ ਨੇ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੇ ਇਕੱਠ 'ਚ ਨਵੀਂ ਪਾਰਟੀ ਦਾ ਐਲਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਲੋੜ ਪੈਣ 'ਤੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਨੂੰ ਲੈ ਕੇ ਕਾਨੂੰਨੀ ਲੜਾਈ ਵੀ ਲੜਨ ਨੂੰ ਤਿਆਰ ਹਨ। ਜੇਕਰ ਰਜਿਸਟ੍ਰੇਸ਼ਨ ਕਰਵਾਉਣ ਲਈ ਫਿਰ ਵੀ ਅੜਚਨ ਆਈ ਤਾਂ ਪਾਰਟੀ ਦੇ ਨਾਲ ਡੈਮੋਕ੍ਰੇਟਿਕ ਲਾਇਆ ਜਾਵੇਗਾ।

ਇਸ ਦੌਰਾਨ ਸਾਬਕਾ ਸਾਂਸਦ ਪਰਮਜੀਤ ਕੌਰ ਗੁਲਸ਼ਨ, ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ, ਡੀਐਸਜੀਪੀਸੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਬਲਵੰਤ ਸਿੰਘ ਰਾਮੂਵਾਲੀਆ, ਬੀਰ ਦਵਿੰਦਰ ਸਿੰਘ, ਜਗਦੀਸ਼ ਸਿੰਘ ਗਰਚਾ, ਨਿਧੜਕ ਸਿੰਘ ਬਰਾੜ, ਪਰਮਜੀਤ ਸਿੰਘ ਖਾਲਸਾ, ਮਾਨ ਸਿੰਘ ਗਰਚਾ ਆਦਿ ਆਗੂ ਵੀ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਕਾਰਨ ਅੱਜ ਅਕਾਲੀ ਦਲ ਆਪਣੇ ਅਸਲ ਸਿਧਾਂਤਾਂ ਤੋਂ ਭਟਕ ਚੁੱਕਾ ਹੈ। ਸੁਖਬੀਰ ਬਾਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪਹਿਲਾਂ ਸਾਬਕਾ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ, ਫਿਰ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਅਤੇ ਬਾਅਦ 'ਚ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ।

ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਨਵੀਂ ਪਾਰਟੀ ਦਾ ਨਾਂ ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਗਿਆ ਹੈ, ਕਿਉਂਕਿ ਅਸਲੀ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਹੀ ਪਾਰਟੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨਸਭਾ ਤੇ ਐਸਜੀਪੀਸੀ ਚੋਣਾਂ ਦੋਵਾਂ 'ਚ ਪਾਰਟੀ ਹਿੱਸਾ ਲਵੇਗੀ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੂੰ ਨਵੀਂ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸਹਿਮਤੀ ਨਾਲ ਲਗਾਇਆ ਗਿਆ।

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦੇ ਐਲਾਨ ਦਾ ਸਿੱਧਾ ਨੁਕਸਾਨ ਅਕਾਲੀ ਦਲ ਨੂੰ ਹੋਵੇਗਾ। ਹੁਣ ਤੱਕ ਕਈ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੇ ਕਾਫਲੇ 'ਚ ਜੁੜ ਚੁੱਕੇ ਹਨ ਤੇ ਕਿਆਸ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ 'ਚ ਹੋਰ ਵੀ ਕਈ ਵੱਡੇ ਚੇਹਰੇ ਨਵੇਂ ਅਕਾਲੀ ਦਲ ਦਾ ਹਿੱਸਾ ਬਣ ਸਕਦੇ ਹਨ।

Comments

Leave a Reply


Advertisement