ਪੜ੍ਹਾਈ ਪੂਰੀ ਕਰ ਚੁੱਕੇ ਹਜ਼ਾਰਾਂ ਵਿਦਿਆਰਥੀਆਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਡਿਗਰੀਆਂ : ਬਲਵਿੰਦਰ ਕੁਮਾਰ
Updated On: 2021-01-05 00:55:18
ਵਿੱਦਿਅਕ ਅਦਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਨਾ ਦਿੱਤੇ ਜਾਣ ਦੇ ਵਿਰੋਧ 'ਚ ਸੜਕ 'ਤੇ ਬੈਠ ਕੇ ਪ੍ਰਦਰਸ਼ਨ ਕਰਦੇ ਹੋਏ ਬਸਪਾ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਤੇ ਪਾਰਟੀ ਦੇ ਹੋਰ ਆਗੂ |
ਅਕਾਲੀ ਦਲ ਦੇ ਸਹਿਯੋਗ ਨਾਲ ਬਣੀ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੀ ਕਾਂਗਰਸ ਸਰਕਾਰ ਦੋਹਾਂ ਨੇ ਮਿਲ ਕੇ ਅਨੁਸੂਚਿਤ ਜਾਤੀ (ਐਸਸੀ) ਵਰਗ ਦੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਐਸਸੀ ਵਿਦਿਆਰਥੀਆਂ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਦਾਖਲਾ ਲਿਆ ਸੀ |
ਇਸ ਸਕੀਮ ਨੂੰ ਲਾਗੂ ਕਰਨ ਦੀ ਪੂਰੀ ਤਰ੍ਹਾਂ ਜ਼ਿੰਮੇਵਾਰੀ ਕੇਂਦਰ ਤੇ ਸੂਬਾ ਸਰਕਾਰ ਦੀ ਸੀ, ਪਰ ਐਸਸੀ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਬੇਪਰਵਾਹ ਇਨ੍ਹਾਂ ਸਰਕਾਰਾਂ ਨੇ ਵਿਦਿਆਰਥੀਆਂ ਦੇ ਭਵਿੱਖ ਵੱਲ ਕੋਈ ਧਿਆਨ ਨਹੀਂ ਦਿੱਤਾ | ਇਸਦਾ ਨਤੀਜਾ ਇਹ ਨਿਕਲਿਆ ਕਿ ਹਜ਼ਾਰਾਂ ਵਿਦਿਆਰਥੀ, ਜਿਨ੍ਹਾਂ ਨੇ ਸਕੀਮ ਤਹਿਤ ਸਿੱਖਿਆ ਪੂਰੀ ਕੀਤੀ ਸੀ, ਉਨ੍ਹਾਂ ਨੂੰ ਡਿਗਰੀਆਂ ਨਹੀਂ ਮਿਲ ਰਹੀਆਂ ਹਨ |
ਬਲਵਿੰਦਰ ਕੁਮਾਰ ਨੇ ਕਿਹਾ ਕਿ ਪ੍ਰਾਈਵੇਟ ਵਿੱਦਿਅਕ ਅਦਾਰੇ ਇਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਹੀ ਨਹੀਂ ਰਹੇ ਹਨ ਤੇ ਇਸਦੇ ਨਾਲ-ਨਾਲ ਸਰਕਾਰੀ ਅਦਾਰਿਆਂ ਵੱਲੋਂ ਵੀ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ | ਇਸ ਕਾਰਨ ਇਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਚੁੱਕਾ ਹੈ ਤੇ ਉਹ ਪੜ੍ਹਾਈ ਪੂਰੀ ਕਰਕੇ ਵੀ ਨਾ ਤਾਂ ਕਿਤੇ ਨੌਕਰੀ ਹੀ ਲਗ ਪਾ ਰਹੇ ਹਨ ਅਤੇ ਨਾ ਹੀ ਵਿਦੇਸ਼ ਵਿੱਚ ਪੜ੍ਹਾਈ ਕਰਨ ਜਾ ਪਾ ਰਹੇ ਹਨ, ਕਿਉਂਕਿ ਵਿੱਦਿਅਕ ਅਦਾਰੇ ਉਨ੍ਹਾਂ ਦੀਆਂ ਡਿਗਰੀਆਂ ਹੀ ਨਹੀਂ ਦੇ ਰਹੇ|
ਉਨ੍ਹਾਂ ਕਿਹਾ ਕਿ ਹਾਲਾਂਕਿ ਵਿਦਿਆਰਥੀ ਲੰਮੇ ਸਮੇਂ ਤੋਂ ਆਪਣੀਆਂ ਡਿਗਰੀਆਂ ਲੈਣ ਲਈ ਜੱਦੋਜਹਿਦ ਕਰ ਰਹੇ ਹਨ, ਪਰ ਇਨ੍ਹਾਂ ਸਰਕਾਰਾਂ ਵੱਲੋਂ ਉਨ੍ਹਾਂ ਦੇ ਭਵਿੱਖ ਲਈ ਬਿਲਕੁੱਲ ਵੀ ਚਿੰਤਾ ਨਹੀਂ ਦਿਖਾਈ ਜਾ ਰਹੀ ਅਤੇ ਨਾ ਹੀ ਵਿੱਦਿਅਕ ਅਦਾਰਿਆਂ ਨੂੰ ਡਿਗਰੀਆਂ ਦੇਣ ਲਈ ਕਿਹਾ ਜਾ ਰਿਹਾ ਹੈ |
ਬਲਵਿੰਦਰ ਕੁਮਾਰ ਨੇ ਕਿਹਾ ਕਿ ਬਸਪਾ ਵੱਲੋਂ ਵਿਦਿਆਰਥੀਆਂ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਡਿਗਰੀਆਂ ਦਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ| ਜਦੋਂ ਤੱਕ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਬਸਪਾ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ|
Leave a Reply